ਸ਼ੰਭੂ, 8 ਮਈ,ਬੋਲੇ ਪੰਜਾਬ ਬਿਓਰੋ:
ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ 84 ਦਿਨ ਪੂਰੇ ਹੋ ਗਏ ਹਨ।ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ’ਤੇ ਲਾਇਆ ਜਾ ਰਿਹਾ ਮੋਰਚਾ 21ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਬੀਤੇ ਦਿਨ ਸ਼ੰਭੂ ਬਾਰਡਰ ‘ਤੇ ਸਵੇਰੇ ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਉਮਰ 70 ਸਾਲ ਵਾਸੀ ਪਿੰਡ ਸ਼ਾਬਾਸ਼ਪੁਰ ਤਹਿਸੀਲ ਅਤੇ ਜ਼ਿਲ੍ਹਾ ਤਰਨਤਾਰਨ ਦੀ ਮੌਤ ਹੋ ਗਈ।ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਗਿਣਤੀ ਹੁਣ 20 ਤੱਕ ਪਹੁੰਚ ਗਈ ਹੈ।
ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ. (ਗੈਰ-ਸਿਆਸੀ) ਦੇ ਆਗੂਆਂ ਨੇ ਦੱਸਿਆ ਕਿ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਜਿਸ ਦਾ ਅੱਜ 21ਵਾਂ ਦਿਨ ਹੈ। ਰੇਲਵੇ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਦੇ ਪਲੇਟਫਾਰਮ ਤੋਂ ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਰਿਹਾਅ ਨਹੀਂ ਕਰਦੀ, ਉਦੋਂ ਤੱਕ ਕਿਸਾਨ ਰੇਲ ਪਟੜੀਆਂ ‘ਤੇ ਬੈਠ ਕੇ ਤੇ ਹਰਿਆਣਾ ਦੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਰੋਸ ਪ੍ਰਦਰਸ਼ਨ ਕਰਨਗੇ।