ਜਗਰਾਓਂ, 12 ਮਈ,ਬੋਲੇ ਪੰਜਾਬ ਬਿਓਰੋ:
ਅੱਜ ਹਰਿੰਦਰ ਸਿੰਘ ਲੱਖੋਵਾਲ, ਫੁਰਮਾਨ ਸਿੰਘ ਸੰਧੂ ਅਤੇ ਮਨਜੀਤ ਸਿੰਘ ਧਨੇਰ ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਜਗਰਾਉਂ ਵਿਖੇ ਹੋਈ।ਇਸ ਮੀਟਿੰਗ ਵਿੱਚ 10 ਮਈ ਨੂੰ ਫਿਰੋਜ਼ਪੁਰ ਵਿਖੇ ਭਾਜਪਾ ਉਮੀਦਵਾਰ ਰਾਣਾ ਸੋਢੀ ਨੂੰ ਕਾਲੇ ਝੰਡੇ ਵਿਖਾਉਣ ਜਾਂਦੇ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ।
ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਕਾਲੇ ਝੰਡੇ ਦਿਖਾਉਣ ਜਾਂਦਿਆਂ ਹਰਨੇਕ ਸਿੰਘ ਮਹਿਮਾ ਨੂੰ ਹਿਰਾਸਤ ਵਿੱਚ ਲੈ ਕੇ ਕਿਸੇ ਪੁਰਾਣੇ ਕੇਸ ਵਿੱਚ ਗਿਰਫ਼ਤਾਰੀ ਦਿਖਾਈ ਹੈ।
ਗਿਰਫ਼ਤਾਰੀ ਤੋਂ ਬਾਅਦ ਉਸ ਨੂੰ ਵੱਖ-ਵੱਖ ਥਾਣਿਆਂ ਵਿੱਚ ਘੁਮਾਇਆ ਗਿਆ ਅਤੇ ਉਸ ਦੀਆਂ ਜੀਵਨ ਬਚਾਓ ਦਵਾਈਆਂ ਵੀ ਨਹੀਂ ਦੇਣ ਦਿੱਤੀਆਂ ਗਈਆਂ। ਇਸ ਗਿਰਫ਼ਤਾਰੀ ਨੇ ਦੱਸ ਦਿੱਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਆਪਸ ਵਿੱਚ ਘਿਉ ਖਿਚੜੀ ਹੋ ਕੇ ਚੱਲ ਰਹੀਆਂ ਹਨ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਇਸ ਗ੍ਰਿਫ਼ਤਾਰੀ ਦਾ ਸਖਤ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਹਰਨੇਕ ਸਿੰਘ ਮਹਿਮਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਘੋਲ ਵਿੱਢ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਸਾਜਿਸ਼ ਤਹਿਤ ਹਰਨੇਕ ਮਹਿਮਾ ਨੂੰ ਪੁਰਾਣੇ ਕੇਸ ਵਿੱਚ ਉਲਝਾਇਆ ਹੈ ਤਾਂ ਕਿ ਵੋਟਾਂ ਪੈਣ ਵਾਲੇ ਦਿਨ ਤੱਕ ਉਸ ਨੂੰ ਜੇਲ੍ਹ ਵਿੱਚ ਰੱਖ ਕੇ ਭਾਜਪਾ ਦਾ ਵਿਰੋਧ ਕਰਨ ਤੋਂ ਰੋਕਿਆ ਜਾ ਸਕੇ।
ਇਸ ਮੀਟਿੰਗ ਵਿੱਚ 21 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੀਤੀ ਜਾਂ ਰਹੀ ਮਹਾਂਰੈਲੀ ਦੀ ਤਿਆਰੀ ਲਈ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।