ਨਵੀਂ ਦਿੱਲੀ, 31 ਮਈ, ਬੋਲੇ ਪੰਜਾਬ ਬਿਓਰੋ:
ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਅੱਜ ਸ਼ੁੱਕਰਵਾਰ (31 ਮਈ) ਨੂੰ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸਵੇਰ ਦੀ ਸੁਣਵਾਈ ‘ਚ ਅਦਾਲਤ ਨੇ ਬਿਭਵ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਬਿਭਵ ਨੇ ਬੁੱਧਵਾਰ (29 ਮਈ) ਨੂੰ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ ਅਤੇ ਦਿੱਲੀ ਪੁਲਸ ਅਧਿਕਾਰੀਆਂ ਖਿਲਾਫ਼ ਮੁਆਵਜ਼ੇ ਅਤੇ ਵਿਭਾਗੀ ਜਾਂਚ ਦੀ ਮੰਗ ਕੀਤੀ ਸੀ। ਜਸਟਿਸ ਸ਼ਰਮਾ ਨੇ ਇਸ ਮਾਮਲੇ ‘ਚ ਦਿੱਲੀ ਪੁਲਿਸ ਅਤੇ ਬਿਭਵ ਕੁਮਾਰ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ ਹਨ। ਜਸਟਿਸ ਨਵੀਨ ਚਾਵਲਾ ਦੀ ਬੈਂਚ ਨੇ ਬਿਭਵ ਦੀ ਪਟੀਸ਼ਨ ‘ਤੇ ਪਹਿਲਾਂ ਸੁਣਵਾਈ ਕਰਨੀ ਸੀ। ਹਾਲਾਂਕਿ ਜਸਟਿਸ ਚਾਵਲਾ ਨੇ ਇਸ ਮਾਮਲੇ ਨੂੰ ਜਸਟਿਸ ਸ਼ਰਮਾ ਦੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ।
ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਵਕੀਲ ਸੰਜੇ ਜੈਨ ਨੇ ਸੁਣਵਾਈ ਦੌਰਾਨ ਬਿਭਵ ਦੀ ਪਟੀਸ਼ਨ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇਹ ਸੁਣਵਾਈ ਦੇ ਲਾਇਕ ਨਹੀਂ ਹੈ। ਬਿਭਵ ਦੇ ਵਕੀਲ ਐੱਨ ਹਰੀਹਰਨ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਗ੍ਰਿਫ਼ਤਾਰੀ ਮੈਮੋ ਅਤੇ ਗ੍ਰਿਫ਼ਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਹੈ। ਇਹ ਮਾਮਲਾ ਨਿੱਜੀ ਆਜ਼ਾਦੀ ਦਾ ਮੁੱਦਾ ਹੈ, ਜਿਸ ਨੂੰ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ।