ਖੰਨਾ, 14 ਜੂਨ, ਬੋਲੇ ਪੰਜਾਬ ਬਿਓਰੋ:
ਖੰਨਾ ਵਿੱਚ ਨੈਸ਼ਨਲ ਹਾਈਵੇਅ ’ਤੇ ਅੱਧੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ, ਇੱਥੇ ਬਿਹਾਰ ਅਤੇ ਯੂ.ਪੀ. ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਆ ਰਹੀ ਬੱਸ ਨੂੰ ਇੱਕ ਤੇਜ਼ ਰਫਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਹਾਦਸੇ ਵਿੱਚ 30 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਕੁਝ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਝੋਨੇ ਦੀ ਬਿਜਾਈ ਲਈ ਬਿਹਾਰ-ਯੂ.ਪੀ. ਤੋਂ ਬੱਸ ਰਾਹੀਂ ਕਰੀਬ 65 ਮਜ਼ਦੂਰ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿਚ ਉਤਾਰਨਾ ਪਿਆ। ਰਾਤ ਕਰੀਬ 12.30 ਵਜੇ ਨੈਸ਼ਨਲ ਹਾਈਵੇ ‘ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਕੱਟ ‘ਤੇ ਬੱਸ ਰੁਕੀ।ਕੁਝ ਮਜ਼ਦੂਰ ਹੇਠਾਂ ਉਤਰੇ ਹੀ ਸਨ ਕਿ ਤੇਜ਼ ਰਫ਼ਤਾਰ ਟਰਾਲੇ ਨੇ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਇਸ ਤੋਂ ਬਾਅਦ ਬੱਸ ਟਰਾਂਸਫਾਰਮਰ ਨਾਲ ਟਕਰਾ ਗਈ ਤੇ ਜ਼ਬਰਦਸਤ ਧਮਾਕਾ ਹੋਇਆ।
ਧਮਾਕੇ ਦੀ ਆਵਾਜ਼ ਸੁਣ ਕੇ ਨਜ਼ਦੀਕੀ ਸਿਵਲ ਹਸਪਤਾਲ ‘ਚ ਮੌਜੂਦ ਪਾਰਕਿੰਗ ਠੇਕੇਦਾਰ ਬਲਜਿੰਦਰ ਸਿੰਘ ਟੀਟੂ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਗਏ। ਉਥੇ ਸਥਿਤੀ ਨੂੰ ਦੇਖਦੇ ਹੋਏ ਟੀਟੂ ਨੇ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ 108 ਐਂਬੂਲੈਂਸ ਅਤੇ ਪੁਲਿਸ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਗਈ। ਜ਼ਖਮੀਆਂ ਦੀ ਮਦਦ ਲਈ ਰਾਹਗੀਰ ਵੀ ਰੁਕ ਗਏ।